ਪੰਚਾਇਤੀ ਚੋਣਾਂ ਕਰਕੇ ਪੰਜਾਬ ਦਾ ਮਾਹੌਲ ਗਰਮਾ ਗਿਆ ਹੈ। ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦਾ ਕੁਨੈਕਸ਼ਨ ਗੈਂਗਸਟਰਾਂ ਨਾਲ ਜੋੜਿਆ ਹੈ। ਇਸ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ 'ਆਪ' ਨੇ ਕਦੇ ਵੀ ਕਿਸੇ ਗੈਂਗਸਟਰ ਜਾਂ ਸਮਾਜ ਵਿਰੋਧੀ ਅਨਸਰਾਂ ਦੀ ਸਰਪ੍ਰਸਤੀ ਨਹੀਂ ਕੀਤੀ। ਉਨ੍ਹਾਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਲਾਏ ਦੋਸ਼ਾਂ ਦੀ ਨਿੰਦਾ ਕੀਤੀ।
ਧਾਲੀਵਾਲ ਨੇ ਦਾਅਵਾ ਕੀਤਾ ਕਿ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਕਈ ਪੇਂਡੂ ਖੇਤਰਾਂ ਵਿੱਚ ਸਰਬਸੰਮਤੀ ਨਾਲ ਸਰਪੰਚਾਂ ਦੀ ਚੋਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਗੈਂਗਸਟਰਾਂ ਦੀ ਸ਼ਮੂਲੀਅਤ ਦੇ ਦਾਅਵੇ ਕਰਨ ਵਾਲੇ ਇਸ ਤੱਥ ਨੂੰ ਭੁੱਲ ਗਏ ਹਨ ਕਿ ਗੈਂਗਸਟਰ ਕਲਚਰ ਕਾਂਗਰਸ ਦੇ ਰਾਜ ਦੌਰਾਨ ਹੀ ਵਧਿਆ ਸੀ।
ਦਰਅਸਲ ਕਾਂਗਰਸ ਨੇ ਆਮ ਆਦਮੀ ਪਾਰਟੀ ਦਾ ਕੁਨੈਕਸ਼ਨ ਗੈਂਗਸਟਰਾਂ ਨਾਲ ਜੋੜਦਿਆਂ ਦਾਅਵਾ ਕੀਤਾ ਹੈ ਕਿ ਚੋਣਾਂ ਵਿੱਚ ਸ਼ਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਦੌਰਾਨ 'ਆਪ' ਸਰਕਾਰ 'ਤੇ ਗੁੰਡਾਗਰਦੀ ਕਰਨ ਤੇ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਦਾ ਦੋਸ਼ ਲਾਇਆ।
ਉਨ੍ਹਾਂ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ 'ਆਪ' ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਚਚੇਰੇ ਭਰਾ ਨੂੰ ਸਰਪੰਚੀ ਦੇ ਉਮੀਦਵਾਰ ਵਜੋਂ ਚੁਣੇ ਜਾਣ 'ਤੇ ਸਰਕਾਰ ਦੀ ਨੀਅਤ ਉੱਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਸ਼ਹਿ 'ਤੇ ਪੰਜਾਬ ਵਿੱਚ ਗੈਂਗਸਟਰਵਾਦ ਵਧ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਇਸ ਤਰ੍ਹਾਂ ਅਮਨ ਸ਼ਾਂਤੀ ਦੀਆਂ ਧੱਜੀਆਂ ਉਡਾ ਰਹੀ ਹੋਵੇ ਉਸ ਤੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ ਪੀੜਤ ਪਰਿਵਾਰ ਵਾਸਤੇ ਇਨਸਾਫ਼ ਦੀ ਕਿ ਉਮੀਦ ਰੱਖੀ ਜਾ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਨੂੰ ਇਨਸਾਫ਼ ਦਾ ਪਾਠ ਪੜ੍ਹਾਉਣ ਵਾਲੀ 'ਆਪ' ਨੇ ਸਾਰੇ ਕਾਇਦੇ ਕਾਨੂੰਨ ਛਿੱਕੇ ਟੰਗ ਦਿੱਤੇ ਹਨ।
0 Comments